ਟਰੂਡੋ ਦੀ ਭਾਰਤ ਫੇਰੀ ਨੂੰ ਭਾਰਤੀ ਮੀਡੀਆ ਕਿਸ ਤਰਾਂ ਪੇਸ਼ ਕਰ ਰਿਹਾ ਹੈ ਦੇਖੋ ਇਹ ਵੀਡੀਓ

4287

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਫਰਵਰੀ ਤੋਂ 23 ਫਰਵਰੀ ਤੱਕ ਭਾਰਤ ਦੇ ਦੌਰੇ ‘ਤੇ ਹਨ। ਇਸ ਦੌਰਾਨ ਨਵੀਂ ਦਿੱਲੀ ਤੋਂ ਇਲਾਵਾ ਮੁੰਬਈ, ਆਗਰਾ ਅਤੇ ਅੰਮ੍ਰਿਤਸਰ ਵੀ ਜਾਣਗੇ।
ਪਰ ਟਰੂਡੋ ਦੀ ਭਾਰਤ ਫੇਰੀ ਨੂੰ ਭਾਰਤੀ ਮੀਡੀਆ ਕਿਸ ਤਰਾਂ ਪੇਸ਼ ਕਰ ਰਿਹਾ ਹੈ ਦੇਖੋ ਇਹ ਵੀਡੀਓ ਤੇ ਵੱਧ ਤੋਂ ਵੱਧ ਸ਼ੇਅਰ ਕਰੋ ਜੀ


ਕੈਨੇਡਾ ਦੇ ਦੋ ਸਿੱਖ ਕੈਬਨਿਟ ਮੰਤਰੀਆਂ ਹਰਜੀਤ ਸਿੰਘ ਸੱਜਣ ਅਤੇ ਅਮਰਜੀਤ ਸੋਹੀ ਨੇ ਖ਼ਾਲਿਸਤਾਨੀ ਹਮਦਰਦ ਹੋਣ ਤੋਂ ਕੋਰੀ ਨਾਂਹ ਕੀਤੀ ਹੈ।
ਉਨ੍ਹਾਂ ਦਾ ਇਹ ਪ੍ਰਤੀਕਰਮ ਭਾਰਤੀ ਮੈਗਜ਼ੀਨ ਆਊਟਲੁੱਕ ‘ਚ ਛਪੀ ਇੱਕ ਰਿਪੋਰਟ ਤੋਂ ਬਾਅਦ ਆਇਆ ਹੈ।
ਕੈਨੇਡਾ ਦੇ ਪਬਲਿਕ ਬਰੋਡਕਾਸਟਰ ਸੀਬੀਸੀ ‘ਚ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਦਾ ਇਸ ਮਸਲੇ ‘ਤੇ ਪੱਖ ਲਿਆ ਹੈ।
ਸੱਜਣ ਨੇ ਆਊਟਲੁੱਕ ਦੀ ਇਸ ਰਿਪੋਰਟ ਨੂੰ “ਹਾਸੋਹੀਣਾ” ਅਤੇ “ਅਪਮਾਨਜਨਕ” ਕਰਾਰ ਦਿੱਤਾ ਹੈ।

ਟਰੂਡੋ ਦੀ ਅੰਮ੍ਰਿਤਸਰ ਫੇਰੀ: ਕੈਪਟਨ ਕਰਨਗੇ ਸਵਾਗਤ
ਸ੍ਰੀ ਹਰਿਮੰਦਰ ਸਾਹਿਬ ਵਿਖੇ 21 ਫਰਵਰੀ ਨੂੰ ਨਤਮਸਤਕ ਹੋਣ ਲਈ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਵਾਗਤ ਕਰਨਗੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਉਨ੍ਹਾਂ ਨੂੰ ਜੀ ਆਇਆਂ ਕਹਿਣਗੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਕੀਤੇ ਟਵੀਟ ਵਿੱਚ ਆਖਿਆ ਕਿ ਉਹ 21 ਫਰਵਰੀ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਕੈਨੇਡਾ ਅਤੇ ਭਾਰਤ ਵਿਚਕਾਰ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੂਰਾ ਮਾਣ-ਸਨਮਾਨ ਦੇਣ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਇਸ ਸਬੰਧੀ ਪ੍ਰਸ਼ਾਸਨ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਦੌਰਾਨ ਵਪਾਰ ਅਤੇ ਵਣਜ ’ਤੇ ਜ਼ੋਰ ਦਿੱਤਾ ਜਾਵੇਗਾ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਆਪਸੀ ਸਬੰਧ ਮਜ਼ਬੂਤ ਕਰਨ ਸਬੰਧੀ ਵਿਚਾਰ ਚਰਚਾ ਹੋਵੇਗੀ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਭਾਈਚਾਰਾ ਵਸਦਾ ਹੈ। ਪ੍ਰਧਾਨ ਮੰਤਰੀ ਟਰੂਡੋ ਨੇ 1914 ਦੇ ਕਾਮਾਗਾਟਾਮਾਰੂ ਜਹਾਜ਼ ਦੀ ਘਟਨਾ ਵਾਸਤੇ ਵੀ ਮੁਆਫ਼ੀ ਮੰਗੀ ਸੀ, ਜੋ ਕਿ ਸਦਭਾਵਨਾ ਦਾ ਸੰਕੇਤ ਹੈ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਦੋਵਾਂ ਆਗੂਆਂ ਵਿਚਾਲੇ ਹੋਣ ਵਾਲੀ ਮੀਟਿੰਗ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਸਟਿਨ ਟਰੂਡੋ ਦਾ ਸ੍ਰੀ ਹਰਿਮੰਦਰ ਸਾਹਿਬ ਵਿੱਚ ਰਸਮੀ ਸਵਾਗਤ ਕਰਨਗੇ। ਕੇਂਦਰ ਸਰਕਾਰ ਵੱਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਸਵਾਗਤ ਲਈ ਹਾਜ਼ਰ ਹੋਣਗੇ।
ਇਸੇ ਸਬੰਧੀ ਅੱਜ ਸਵੇਰੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਸੁਰੱਖਿਆ ਦਸਤੇ ਦੇ ਦਸ ਮੈਂਬਰੀ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਇਹ ਅਧਿਕਾਰੀ ਇੱਥੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਵੀ ਮਿਲੇ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਸੁਰੱਖਿਆ ਟੀਮ ਨੇ ਸੁਝਾਅ ਦਿੱਤਾ ਕਿ ਸਵਾਗਤ ਕਰਨ ਲਈ ਤਿੰਨ ਸ਼ਖ਼ਸੀਅਤਾਂ ਹੀ ਹੋਣਗੀਆਂ। ਇਸੇ ਤਰ੍ਹਾਂ ਪਰਿਕਰਮਾ ਵਿੱਚ ਸੁਰੱਖਿਆ ਘੇਰੇ ਵਿੱਚ ਸਿਰਫ ਦੋ ਅਧਿਕਾਰੀ ਪੱਧਰ ਦੇ ਕਰਮਚਾਰੀ ਸ਼ਾਮਲ ਹੋਣਗੇ। ਸਵਾਗਤ ਕਰਨ ਵਾਲੇ ਪਰਿਕਰਮਾ ਵਿੱਚ ਨਾਲ ਨਹੀਂ ਚੱਲ ਸਕਣਗੇ। ਪ੍ਰਧਾਨ ਮੰਤਰੀ ਕੁਝ ਸਮਾਂ ਲੰਗਰ ਘਰ ਵਿੱਚ ਵੀ ਬਤੀਤ ਕਰਨਗੇ ਅਤੇ ਸਮੁੱਚੀ ਪ੍ਰਕਿਰਿਆ ਦੇਖਣਗੇ।

ਸ਼੍ਰੋਮਣੀ ਕਮੇਟੀ ਦੇ ਮੁਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦਫਤਰ ਵੱਲੋਂ ਆਖਿਆ ਗਿਆ ਹੈ ਕਿ ਜਸਟਿਨ ਟਰੂਡੋ ਅਤੇ ਉਨ੍ਹਾਂ ਦਾ ਪਰਿਵਾਰ ਸ੍ਰੀ ਹਰਿਮੰਦਰ ਸਾਹਿਬ ਵਿੱਚ ਰੂਹਾਨੀ, ਅਧਿਆਤਮਕ ਤੇ ਕੁਦਰਤੀ ਮਾਹੌਲ ਨੂੰ ਮਹਿਸੂਸ ਕਰਨਾ ਚਾਹੁੰਦੇ ਹਨ। ਇਸੇ ਤਰ੍ਹਾਂ ਲੰਗਰ ਘਰ ਵਿੱਚ ਵੀ ਅਧਿਆਤਮਕ ਮਾਹੌਲ ਨੂੰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੇ ਪਰਿਵਾਰ ਦਾ ਪੰਥਕ ਰਵਾਇਤਾਂ ਮੁਤਾਬਕ ਸਨਮਾਨ ਕੀਤਾ ਜਾਵੇਗਾ।
ਇਸ ਦੌਰਾਨ ਬਾਅਦ ਦੁਪਹਿਰ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਪੁਲੀਸ ਕਮਿਸ਼ਨਰ ਐਸਐਸ ਸ੍ਰੀਵਾਸਤਵ ਦੀ ਅਗਵਾਈ ਹੇਠ ਪੁਲੀਸ ਪ੍ਰਬੰਧਾਂ ਦੀ ਰਿਹਰਸਲ ਵੀ ਕੀਤੀ ਗਈ ਹੈ। ਦੋਵਾਂ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਵੀ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਹੈ।